• 5:35 pm
Go Back

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਕਮੇਟੀ ਦੇ 15 ਅਹੁਦੇਦਾਰਾਂ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਉੱਪਰ ਇਲਜ਼ਾਮ ਲੱਗਣ ਤੋਂ ਬਾਅਦ ਸਾਰੇ ਅਹੁਦੇਦਾਰਾਂ ਨੇ ਆਪਣਾ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਆਉਣ ਵਾਲੀ 27 ਤੋਂ 30 ਦਸੰਬਰ ਤਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਅਪੀਲ ਵੀ ਕਰ ਦਿੱਤੀ ਗਈ ਹੈ। ਇਹ ਚੋਣਾਂ ਅਗਲੇ ਸਾਲ ਹੋਣੀਆਂ ਸਨ, ਪਰ ਹੁਣ ਪਹਿਲਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਜੀਕੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਉਨ੍ਹਾਂ ’ਤੇ ਲੱਗੇ ਇਲਜ਼ਾਮਾਂ ਦੇ ਸਾਫ਼ ਹੋਣ ਤਕ ਉਹ ਕਿਸੇ ਵੀ ਅਹੁਦੇ ‘ਤੇ ਨਹੀਂ ਬੈਠਣਗੇ।

ਦੱਸ ਦੇਈਏ ਕਿ ਫਿਲਹਾਲ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕਾਇਮ ਹੈ ਪਰ ਇਸਦੀ ਕਾਰਜਕਾਰਨੀ ਨੂੰ ਭੰਗ ਕਰ ਦਿੱਤਾ ਗਿਆ ਹੈ। ਕਮੇਟੀ ਦੇ ਕਾਰਜਕਾਰਨੀ ਮੈਂਬਰਾਂ ਨੇ ਕਾਨੂੰਨ ਮੁਤਾਬਕ 21 ਦਿਨਾਂ ਦਾ ਨੋਟਿਸ ਦੇ ਕੇ ਮੁੜ ਤੋਂ ਚੋਣ ਕਰਵਾਉਣ ਲਈ ਗੁਰਦੁਆਰਾ ਚੋਣ ਕਮਿਸ਼ਨ ਅਪੀਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਜੀਕੇ ਧੜੇ ਦੇ ਵਿਰੋਧੀ ਸਿੱਖ ਲੀਡਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਉਨ੍ਹਾਂ ਉੱਪਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਗਏ ਸਨ ਤੇ ਇਸ ਲਈ ਉਨ੍ਹਾਂ ਕੇਸ ਦਰਜ ਕਰਵਾਉਣ ਲਈ ਅਦਾਲਤ ਵਿੱਚ ਵੀ ਪਟੀਸ਼ਨ ਪਾਈ ਹੋਈ ਹੈ, ਜਿਸ ਦੀ ਸੁਣਵਾਈ ਕੱਲ ਹੋਵੇਗੀ।

Facebook Comments
Facebook Comment