• 1:31 pm
Go Back

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ 13 ਨਵੰਬਰ ਨੂੰ, ਗਿਆਨੀ ਗੁਰਬਚਨ ਸਿੰਘ ਅਜੇ ਵੀ ਜੱਥੇਦਾਰ ਬਣੇ ਰਹਿਣਗੇ : ਲੌਂਗੋਵਾਲ

ਜਲੰਧਰ :  ਲੱਖ ਅਫਵਾਹਾਂ ਦੇ ਬਾਵਜੂਦ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਤਾਂ ਅਜੇ ਵੀ ਆਪਣੇ ਅਹੁਦੇ ਤੇ ਬਰਕਰਾਰ ਹਨ ਪਰ ਆਉਂਦੀ 13 ਨਵੰਬਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਦਲੇ ਜਾਣ ਦੀ ਪੂਰੀ ਪੂਰੀ ਸੰਭਾਵਨਾ ਹੈ। ਇਸ ਬਾਰੇ ਐਲਾਨ ਵੀ ਖੁਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ ਕਿ ਐਸਜੀਪੀਸੀ ਦੀ ਪ੍ਰਧਾਨਗੀ ਲਈ ਚੋਣ ਆਉਂਦੀ 13 ਨਵੰਬਰ ਨੂੰ ਕੀਤੀ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਦੀਵਾਲੀ ਤੋਂ ਇੱਕ ਹਫਤਾ ਬਾਅਦ 13 ਨਵੰਬਰ ਵਾਲੇ ਦਿਨ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ ਤੇ ਇਸੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਕਈ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਇੱਥੇ ਇਹ ਵੀ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਵੀ ਕੇਂਦਰ ਨੂੰ ਚਿੱਠੀ ਲਿਖ ਕੇ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਲਈ ਬੇਨਤੀ ਕਰ ਚੁੱਕੇ ਹਨ। ਹਾਲਾਂਕਿ ਹਲੇ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਜਾਣ ਵਾਲੇ ਮੈਂਬਰਾਂ ਸਬੰਧੀ ਕੋਈ ਉੱਘ ਸੁੱਘ ਨਹੀਂ ਹੈ ਪਰ ਇਹ ਚੋਣਾਂ ਕਰਵਾਉਣ ਲਈ ਫੂਲਕਾ ਤੋਂ ਇਲਾਵਾ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਕੇਂਦਰ ਨੂੰ ਕਹਿ ਚੁੱਕੇ ਹਨ। ਇੱਥੇ ਬੋਲਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਕ ਵਾਰ ਫੇਰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਦਿੱਤੇ ਜਾਣ ਵਾਲੇ ਅਸਤੀਫੇ ਦਾ ਖੰਡਨ ਕੀਤਾ ਹੈ ਤੇ ਨਾਲ ਹੀ ਕਿਹਾ ਹੈ ਕਿ ਜਦੋਂ ਵੀ ਇਸ ਸਬੰਧੀ ਕੋਈ ਫੈਸਲਾ ਲਿਆ ਗਿਆ ਤਾਂ ਮੀਡੀਆ ਨੂੰ ਜਰੂਰ ਦੱਸਿਆ ਜਾਵੇਗਾ।

ਇੱਧਰ ਦੂਜੇ ਪਾਸੇ ਗਿਆਨੀ ਗੁਰਬਚਨ ਸਿੰਘ ਨੇ ਵੀ ਮੀਡੀਆ ਦੀਆਂ ਉਨ੍ਹਾਂ ਖਬਰਾਂ ਨੂੰ ਹਵਾ ਵਿੱਚ ਉਡਾ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਦੀ ਥਾਂ ਗਿਆਨੀ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜੱਥੇਦਾਰ ਲਾਏ ਜਾਣ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ ਪਰ ਉਹ ਅਜੇ ਅਸਤੀਫਾ ਨਹੀਂ ਦੇਣਗੇ। ਇੱਥੇ ਮੰਨਿਆ ਜਾ ਰਿਹਾ ਹੈ ਕਿ 13 ਨਵੰਬਰ ਨੂੰ ਜਦੋਂ ਨਵੇਂ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਹੋਵੇਗੀ ਉਸ ਦਿਨ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਬਦਲੇ ਜਾਣ ਦਾ ਫੈਸਲਾ ਵੀ ਲਿਆ ਜਾ ਸਕਦਾ ਹੈ।

Facebook Comments
Facebook Comment