• 10:40 am
Go Back

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਨਸ਼ਾ ਪੀੜਤ ਨੌਜਵਾਨਾਂ ਦਾ ਇਲਾਜ ਮੁਫਤ ਕਰਵਾਇਆ ਜਾਵੇਗਾ। ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਐਸਜੀਪੀਸੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿੱਚ ਨਸ਼ੇ ਵਾਲੇ ਨੌਜਵਾਨਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਬਹੁਤ ਹੀ ਗ਼ਰੀਬ ਪਰਿਵਾਰਾਂ ਦੀ ਵਿੱਤੀ ਮੱਦਦ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਧਰਮ ਦੇ ਪ੍ਰਚਾਰ ਦੇ ਨਾਲ ਨਾਲ ਨਸ਼ਿਆਂ ਖ਼ਿਲਾਫ਼ ਵੀ ਪ੍ਰਚਾਰ ਕਰੇਗੀ । ਜਿਸ ਤਹਿਤ ਨਾਟਕ ਕੀਤੇ ਜਾਣਗੇ, ਮਾਰਚ ਕੀਤੇ ਜਾਣਗੇ ਅਤੇ ਹਰ ਤਰ੍ਹਾਂ ਦਾ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖੀ ਦੇ ਲੜ ਲਾ ਕੇ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕਦਾ ਹੈ ਜਿਸ ਤਹਿਤ ਹੋਰ ਉਪਰਾਲੇ ਕੀਤੇ ਜਾਣਗੇ।
ਚੰਡੀਗੜ੍ਹ ਵਿੱਚ ਔਰਤਾਂ ਲਈ ਹੈਲਮੇਟ ਜ਼ਰੂਰੀ ਹੋਣ ਬਾਰੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖ ਬੀਬੀਆਂ ਦੇ ਨਾਮ ਨਾਲ ਕੌਰ ਲੱਗਦਾ ਹੈ ਉਨ੍ਹਾਂ ਨੂੰ ਹੈਲਮਟ ਤੋਂ ਛੋਟ ਦੇਣੀ ਚਾਹੀਦੀ ਹੈ ਕਿਉਂਕਿ ਟੋਪੀ ਲੈਣੀ ਸਿੱਖ ਰਹਿਤ ਮਰਿਆਦਾ ਦੇ ਉਲਟ ਹੈ। ਯੂਟੀ ਪ੍ਰਸ਼ਾਸਨ ਦੇ ਇਸ ਫੈਸਲੇ ਖਿਲਾਫ ਕਾਨੂੰਨੀ ਲੜਾਈ ਵੀ ਲੜੀ ਜਾਵੇਗੀ ਅਤੇ ਰੋਸ ਵਿਖਾਵੇ ਕੀਤੇ ਜਾਣਗੇ। ਜੰਮੂ ਦੇ ਕੁਝ ਨੇ ਸਤੀ ਦੀ ਵਿਦਿਆਰਥਣ ਮਨਦੀਪ ਕੌਰ ਦੀ ਜਬਰੀ ਧਰਮ ਪਰਿਵਰਤਨ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਦੀ ਸ਼ਿਕਾਇਤ ਉਹ ਹਰ ਪੱਧਰ ‘ਤੇ ਕਰਨਗੇ।
ਡੋਪ ਟੈਸਟ ਬਾਰੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਜਿਹਾ ਕਰਕੇ ਨਸ਼ਿਆਂ ਦੇ ਮੁੱਖ ਮੁੱਦੇ ਤੋਂ ਧਿਆਨ ਹਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਮੈਂਬਰਾਂ ਕਰਮਚਾਰੀਆਂ ਅਤੇ ਹੋਰ ਅਧਿਕਾਰੀਆਂ ਨੂੰ ਤਾਂ ਡੋਪ ਟੈਸਟ ਕਰਵਾਉਣ ਦੀ ਲੋੜ ਹੀ ਨਹੀਂ ਕਿਉਂਕਿ ਸਿੱਖੀ ਦੇ ਵਿੱਚ ਤਾਂ ਨਸ਼ਿਆਂ ਦੀ ਮਨਾਹੀ ਹੈ। ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿੱਚ ਅਫ਼ਗਾਨਿਸਤਾਨ ਦੇ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

Facebook Comments
Facebook Comment