Go Back

ਚੰਡੀਗੜ੍ਹ : ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦਾ ਮੁੱਦਾ ਇੱਕ ਅਜਿਹਾ ਮੁੱਦਾ ਹੈ ਜਿਹੜਾ ਕਿ ਜੇਕਰ ਹੱਲ ਹੁੰਦਾ ਹੈ ਤਾਂ ਉਸ ਨਾਲ ਗੁਰੂ ਨਾਨਕ ਨਾਮ ਲੋਕਾਂ ਦੀਆਂ ਭਾਵਨਾਵਾਂ ਪੂਰੀਆਂ ਹੋਣ ਕਾਰਨ ਸਿਆਸੀ ਲੋਕਾਂ ਨੂੰ ਇਸਦਾ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਜਰੂਰ ਲਾਭ ਮਿਲੇਗਾ। ਇਸ ਲਈ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮੁੱਦੇ ਨੂੰ ਹੱਲ ਕਰਾਉਣ ਲਈ ਹੁਣੇ ਹੁਣੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਆਏ ਹਨ ਉੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੇਸ਼ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਭਾਰਤ ਸਰਕਾਰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ।

ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਸ਼ਮਾ ਸਵਰਾਜ ਨੂੰ ਲਿਖੀ ਗਈ ਚਿੱਠੀ ਵਿਚ ਕੈਪਟਨ ਨੇ ਕਿਹਾ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਦਾ ਇੱਕ ਅਜਿਹਾ ਧਾਰਮਿਕ ਸਥਾਨ ਹੈ ਜਿਸ ਨਾਲ ਸਾਰੇ ਹੀ ਗੁਰੂ ਨਾਨਕ ਨਾਮ ਲੇਵਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਬੜੀ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਅਖੀਰਲਾ ਅਤੇ ਇੱਕ ਵੱਡਾ ਹਿੱਸਾ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਸੀ, ਇੱਥੇ ਹੀ ਗੁਰੂ ਸਾਹਿਬ ਨੇ ‘ਕਿਰਤ ਕਰੋ ਤੇ ਵੰਡ ਛਕੋ’ ਦਾ ਸੰਦੇਸ਼ ਦੇ ਕੇ ਇਨਸਾਨੀਅਤ ਨੂੰ ਹੱਥੀਂ ਮਿਹਨਤ ਕਰਨ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਉਪਦੇਸ਼ ਦਿੱਤਾ ਸੀ।

ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਉਂਦੇ 550ਵੇਂ ਗੁਰਪੁਰਬ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਸਬੰਧ ਵਿਚ 27 ਅਗਸਤ 2018 ਨੂੰ ਪੰਜਾਬ ਵਿਧਾਨ ਸਭਾ ਵਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਇੱਕ ਮਤੇ ਵਿਚ ਇਹ ਮੰਗ ਕੀਤੀ ਗਈ ਸੀ ਕਿ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ। ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸੇ ਸਾਲ ਅਗਸਤ ਮਹੀਨੇ ਵਿਚ ਹੀ ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਇਹ ਮੁੱਦਾ ਪਾਕਿਸਤਾਨ ਸਰਕਾਰ ਕੋਲ ਚੁੱਕੇ ਜਾਣ ਦੀ ਮੰਗ ਕੀਤੀ ਸੀ।

Facebook Comments
Facebook Comment