ਵੱਡੀ ਖ਼ਬਰ, ਪ੍ਰਕਾਸ਼ ਸਿੰਘ ਬਾਦਲ ਦੇ ਕਾਗਜ ਰੱਦ

TeamGlobalPunjab
2 Min Read

ਬਠਿੰਡਾ : ਪੰਜਾਬ ‘ਚ 19 ਮਈ ਨੂੰ ਲੋਕ ਸਭਾ ਚੋਣਾਂ ਲਈ ਪੈਣ ਜਾ ਰਹੀਆਂ ਵੋਟਾਂ ਤੋਂ ਪਹਿਲਾਂ ਨਾਮਜ਼ਦਗੀਆਂ ਭਰੇ ਜਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ ਤੇ ਹੁਣ ਜਿਹੜੇ ਉਮੀਦਵਾਰਾਂ ਦੇ ਕਾਗਜ ਪੜਤਾਲ ਤੋਂ ਬਾਅਦ ਯੋਗ ਪਾਏ ਗਏ ਹਨ, ਉਨ੍ਹਾਂ ਦੇ ਕਵਰਿੰਗ ਅਤੇ ਹੋਰ ਅਯੋਗ ਪਾਏ ਗਏ ਉਮੀਦਵਾਰਾਂ ਦੇ ਕਾਗਜ ਰੱਦ ਕੀਤੇ ਜਾਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਦੇ ਕਾਗਜ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਅਤੇ ਦੇਸ਼ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਸਭ ਤੋਂ ਉੱਪਰ ਆਇਆ ਹੈ।

ਜਿਲ੍ਹੇ ਦੇ ਚੋਣ ਅਫਸਰ ਸ੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਜਿਨ੍ਹਾਂ ਉਮੀਦਵਾਰਾਂ ਦੇ ਕਾਗਜ ਬਿਲਕੁਲ ਦਰੁਸਤ ਪਾਏ ਗਏ ਹਨ, ਉਨ੍ਹਾਂ ਦੇ ਕਵਰਿੰਗ ਉਮੀਦਵਾਰਾਂ ਦੇ ਕਾਗਜ ਚੋਣ ਕਮਿਸ਼ਨ ਵੱਲੋਂ ਰੱਦ ਕਰ ਦਿੱਤੇ ਗਏ ਹਨ।  ਜਿਲ੍ਹਾ ਚੋਣ ਅਫਸਰ ਅਨੁਸਾਰ ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਵੀ ਸ਼ਾਮਲ ਹੈ ਜਿਨ੍ਹਾਂ ਦੇ ਕਾਗਜ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਾਗਜ ਯੋਗ ਪਾਏ ਗਏ ਹਨ ਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਅਮ੍ਰਿਤਾ ਸਿੰਘ ਦੇ ਕਾਗਜ ਰੱਦ ਕਰ ਦਿੱਤੇ ਗਏ ਹਨ। ਬਲਜਿੰਦਰ ਕੌਰ ਦੇ ਕਾਗਜ ਯੋਗ ਪਾਏ ਗਏ ਹਨ ਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਰਣਜੀਤ ਕੌਰ ਦੇ ਕਾਗਜ ਰੱਦ ਕਰ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਜਿਹੜੇ ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ ਵਾਪਸ ਲੈਣਾ ਚਾਹੁੰਦੇ ਹਨ ਉਹ 2 ਮਈ ਤੱਕ ਲੈ ਸਕਦੇ ਹਨ। ਇਸ ਤੋਂ ਬਾਅਦ 19 ਮਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਤੇ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

Share this Article
Leave a comment