• 4:34 pm
Go Back

ਚੰਡੀਗੜ੍ਹ : ਅਕਾਲੀ ਦਲ ਦੇ ਬੁਲਾਰੇ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਜਾਂਦਾ ਲਾਂਘਾ ਖੋਲ੍ਹਣ ਤੋਂ ਰੋਕਣਾ ਚਾਹੁੰਦੇ ਹਨ, ਇਸੇ ਲਈ ਉਹ ਇਸਦੇ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ। ਡਾ. ਚੀਮਾ ਇੱਥੇ ਕੈਪਟਨ ਵਲੋਂ ਰਿਫਰੈਂਡਮ 2020 ਵਾਲੇ ਗੁਰਪਤਵੰਤ ਪੰਨੂ ਵਿਰੁੱਧ ਪੰਜਾਬ ਦੇ ਮੁੱਖਮੰਤਰੀ ਵਲੋਂ ਦਿੱਤੇ ਗਏ ਬਿਆਨ ’ਤੇ ਪ੍ਰਤੀਕ੍ਰਿਆ ਜ਼ਾਹਿਰ ਕਰ ਰਹੇ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੋਲ ਸਿੱਖਸ ਫਾਰ ਜਸਟਿਸ ਦੇ ਖਿਲਾਫ਼ ਕੋਈ ਠੋਸ ਸਬੂਤ ਹਨ ਤਾਂ ਉਨ੍ਹਾਂ ਨੂੰ ਇਸ ਤੇ ਕਾਰਵਾਈ ਕਰਨੀ ਚਾਹੀਦੀ ਹੈ ਨਾ ਕਿ ਇਸ ਮੁੱਦੇ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਨਾਲ ਜੋੜ ਕੇ ਦੇਖਣਾ ਚਾਹੀਦਾ ਹੈ ਕਿਉਂਕਿ ਇਹ ਲਾਂਘਾ ਖੁਲ੍ਹਣਾ ਸਿੱਖਾਂ ਦੀਆਂ ਭਾਵਨਾਵਾਂ ਦਾ ਸਵਾਲ ਹੈ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖਮੰਤਰੀ ਲਗਾਤਾਰ ਲਾਂਘਾ ਖੋਲ੍ਹੇ ਜਾਣ ਵਿਰੁੱਧ ਬਿਆਨਬਾਜ਼ੀਆਂ ਕਰ ਰਹੇ ਹਨ ਜੋ ਕਿ ਸਹੀ ਨਹੀਂ ਹੈ।

ਇੱਥੇ ਦੱਸ ਦੇਈਏ ਕਿ ਸਿੱਖਸ ਫਾਰ ਜਸਟਿਸ ਦੇ ਵਕੀਲ ਗੁਰਪਤਵੰਤ ਸਿੰਘ ਪੰਨੂ ਵਲੋਂ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਕੋਲ ਪੰਜਾਬ ਨੂੰ ਵੱਖ ਕੀਤੇ ਜਾਣ ਲਈ ਮਦਦ ਕੀਤੇ ਜਾਣ ਦੀ ਕੀਤੀ ਗਈ ਬੇਨਤੀ ਤੋਂ ਬਾਅਦ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਬਿਆਨ ਦਿੱਤਾ ਸੀ ਕਿ ਪਾਕਿਸਤਾਨ ਇਹ ਲਾਂਘਾ ਖੋਲ੍ਹ ਹੀ ਇੱਕ ਸਾਜਿਸ਼ ਤਹਿਤ ਰਿਹਾ ਹੈ ਕਿਉਂਕਿ ਐਸਜੇਐਫ ਪਾਕਿਸਤਾਨ ਨਾਲ ਮਿਲ ਕੇ ਪੰਜਾਬ ਵਿੱਚ ਗੜਬੜ ਪੈਦਾ ਕਰਨੀ ਚਾਹੁੰਦੀ ਹੈ ਤੇ ਇਹ ਲਾਂਘਾ ਪਾਕਿ ਫੌਜ ਦੀ ਇੱਕ ਚਾਲ ਹੈ।

ਸਿੱਖਸ ਫਾਰ ਜਸਟਿਸ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਅੰਦਰ ਕਰਤਾਰਪੁਰ ਕਨਵੈਨਸ਼ਨ 2019 ਕਰਵਾਏ ਜਾਣ ਦੇ ਐਲਾਨ ਦੀ ਵੀ ਕੈਪਟਨ ਅਮਰਿੰਦਰ ਸਿੰਘ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ ਇਸ ਵਿਰੁੱਧ ਕਾਰਵਾਈ ਕੀਤੇ ਜਾਣ ਦੀ ਬੇਨਤੀ ਕੀਤੀ ਹੈ।

Facebook Comments
Facebook Comment